ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਦਿੱਲੀ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਦਿੱਲੀ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਦਿੱਲੀ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸੂਬਾ ਸਰਕਾਰ ਦੀ ਵਿਵਾਦਤ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਕਿਸਾਨ ਅੰਦੋਲਨ ਵਿੱਚ ਕੁੱਦਣਗੀਆਂ। ਇੱਥੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨੇ ਗਏ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਸਰਬ ਪਾਰਟੀ ਮੀਟਿੰਗ ਵਿੱਚ ਦਸ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਦੋਂਕਿ ਸੱਤਾਧਾਰੀ ਧਿਰ ਦਾ ਕੋਈ ਵੀ ਨੁਮਾਇੰਦਾ ਮੀਟਿੰਗ ’ਚ ਨਹੀਂ ਪੁੱਜਿਆ। ਹਾਲਾਂਕਿ, ਕਿਸਾਨ ਆਗੂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੂੰ ਮੀਟਿੰਗ ਦਾ ਰਸਮੀ ਸੱਦਾ ਪੱਤਰ ਦੇ ਕੇ ਆਏ ਸਨ।
ਸਿਆਸੀ ਮੰਚ ਦੀ ਕਿਸਾਨ ਅੰਦੋਲਨ ਨੂੰ ਹਮਾਇਤ ਨਾਲ ਸੂਬਾ ਸਰਕਾਰ ਲਈ ਰਾਹ ਹੁਣ ਸੁਖਾਲੇ ਨਹੀਂ ਰਹਿਣਗੇ। ਐੱਸਕੇਐੱਮ ਦੇ ਆਗੂਆਂ ਨੇ ਦੱਸਿਆ ਕਿ 30 ਜੁਲਾਈ ਨੂੰ ਪੰਜਾਬ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ ਅਤੇ 24 ਅਗਸਤ ਨੂੰ ਮਹਾ ਕਾਨਫ਼ਰੰਸ ਕੀਤੀ ਜਾਵੇਗੀ। ਇਹ ਸਮੁੱਚਾ ਅੰਦੋਲਨ ਹੁਣ ਦਿੱਲੀ ਵਿੱਚ ਚੱਲੇ ਕਿਸਾਨ ਘੋਲ ਦੀ ਤਰਜ਼ ’ਤੇ ਕੀਤਾ ਜਾਵੇਗਾ। ਕਿਸਾਨਾਂ ਦੇ ਸੱਦੇ ਵਾਲੀ ਮੀਟਿੰਗ ਵਿੱਚ ਦਿੱਲੀ ਦੇ ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਭਾਜਪਾ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ ਜੋ ਕਿ ਇੱਕ ਨਵਾਂ ਸਿਆਸੀ ਸੰਕੇਤ ਵੀ ਹੈ।
ਕਿਸਾਨ ਆਗੂ ਰਮਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ’ਤੇ ਲਾਲ ਐਂਟਰੀ ਪਾ ਦਿੱਤੀ ਹੈ ਜਿਸ ਮਗਰੋਂ ਕਿਸਾਨ ਹੁਣ ਆਪਣੀ ਜ਼ਮੀਨ ਵੇਚ ਨਹੀਂ ਸਕੇਗਾ ਅਤੇ ਨਾ ਹੀ ਕੋਈ ਕਰਜ਼ਾ ਵਗੈਰ੍ਹਾ ਲੈ ਸਕੇਗਾ। ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਅਸਲ ਵਿੱਚ ਪਿੰਡਾਂ ਨੂੰ ਉਜਾੜਨ ਦੀ ਨੀਤੀ ਹੈ ਅਤੇ ਰਸੂਖਵਾਨ ਲੋਕਾਂ ਦੇ ਕਾਲੇ ਧੰਨ ਨੂੰ ਚਿੱਟਾ ਕਰਨ ਦੀ ਨੀਤੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਿਆਸੀ ਆਗੂ ਬਾਹਰੋਂ ਹਮਾਇਤ ਕਰ ਸਕਣਗੇ, ਪ੍ਰੰਤੂ ਐੱਸਕੇਐੱਮ ਦੇ ਅੰਦੋਲਨ ਵਿੱਚ ਸਟੇਜ ਸਾਂਝੀ ਨਹੀਂ ਕਰ ਸਕਣਗੇ। ਅੱਜ ਮੀਟਿੰਗ ਵਿੱਚ ਕਾਂਗਰਸ ਵੱਲੋਂ ਰਣਦੀਪ ਸਿੰਘ ਨਾਭਾ ਤੇ ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਸੁਖਦੀਪ ਸਿੰਘ ਤੇ ਦਿਨੇਸ਼ ਕੁਮਾਰ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਤੇ ਸੁਭਾਸ਼ ਸ਼ਰਮਾ, ਪੰਜ ਮੈਂਬਰੀ ਭਰਤੀ ਕਮੇਟੀ ਦੇ ਇਕਬਾਲ ਸਿੰਘ ਝੂੰਦਾ ਤੇ ਗੁਰਪ੍ਰਤਾਪ ਸਿੰਘ ਵਡਾਲਾ, ਸੀਪੀਐੱਮ ਦੇ ਸੁਖਵਿੰਦਰ ਸੇਖੋਂ, ਸੀਪੀਆਈ ਦੇ ਬੰਤ ਸਿੰਘ ਬਰਾੜ, ਬਹੁਜਨ ਸਮਾਜ ਪਾਰਟੀ ਦੇ ਅਵਤਾਰ ਸਿੰਘ ਕਰੀਮਪੁਰੀ, ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਗੁਰਮੀਤ ਸਿੰਘ ਬਖ਼ਤਪੁਰਾ ਤੇ ਸੁਖਦਰਸ਼ਨ ਨੱਤ, ਸੀਪੀਆਈ (ਐੱਮਐੱਲ) ਨਿਊ ਡੈਮੋਕਰੈਸੀ ਤੋਂ ਕਾਮਰੇਡ ਦਰਸ਼ਨ ਸਿੰਘ ਖਟਕੜ, ਆਰਐੱਮਪੀਆਈ ਦੇ ਪਰਗਟ ਸਿੰਘ ਜਾਮਾਰਾਏ ਆਦਿ ਹਾਜ਼ਰ ਸਨ।

Radio Mirchi